ਨਵੀਂ ਦਿੱਲੀ, 5 ਦਸੰਬਰ
ਹਵਾਰਾ ਨੂੰ ਨੋਟਿਸ ਜਾਰੀ
ਸੀ.ਬੀ.ਆਈ. ਨੇ ਅੱਜ ਸੁਪਰੀਮ ਕੋਰਟ ’ਚ ਅਪੀਲ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮਾਰਨ ਦੀ ਸਾਜ਼ਿਸ਼ ਰਚਣ ਵਾਲੇ ਬੱਬਰ ਖ਼ਾਲਸਾ ਦੇ ਅਤਿਵਾਦੀ ਜਗਤਾਰ ਸਿੰਘ ਹਵਾਰਾ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਇਸ ਸਬੰਧੀ ਜਗਤਾਰ ਸਿੰਘ ਹਵਾਰਾ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ।
ਸੀ.ਬੀ.ਆਈ. ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ 12 ਅਕਤੂਬਰ 2010 ਨੂੰ ਸੁਣਾਏ ਉਸ ਫ਼ੈਸਲੇ ਨੂੰ ਸਿਖਰਲੀ ਅਦਾਲਤ ਵਿੱਚ ਚੁਣੌਤੀ ਦਿੱਤੀ ਹੈ, ਜਿਸ ਵਿੱਚ ਹਵਾਰਾ ਦੀ ਮੌਤ ਦੀ ਸਜ਼ਾ ਉਮਰ ਕੈਦ (ਮੌਤ ਹੋਣ ਤੱਕ) ਵਿੱਚ ਬਦਲ ਦਿੱਤੀ ਗਈ ਸੀ। ਐਡੀਸ਼ਨਲ ਸਾਲਿਸਟਰ ਜਨਰਲ ਹਰਿਨ ਪੀ. ਰਾਵਲ ਨੇ ਦੱਸਿਆ ਕਿ ਇਹ ਅਜਿਹਾ ਮਾਮਲਾ ਹੈ, ਜਿਸ ਵਿੱਚ ਮੌਤ ਦੀ ਸਜ਼ਾ ਸੁਣਾਈ ਜਾ ਸਕਦੀ ਹੈ। ਇਹ ਇਕ ਘਿਨਾਉਣਾ ਤੇ ਗੰਭੀਰ ਅਪਰਾਧ ਹੈ, ਜਿਸ ’ਚ ਪੰਜਾਬ ਦੇ ਮੁੱਖ ਮੰਤਰੀ ਸਮੇਤ 17 ਵਿਅਕਤੀ ਮਾਰੇ ਗਏ ਸਨ ਤੇ 15 ਹੋਰ ਜ਼ਖ਼ਮੀ ਹੋ ਗਏ ਸਨ। ਸ੍ਰੀ ਰਾਵਲ ਨੇ ਕਿਹਾ ਕਿ ਬਲਵੰਤ ਸਿੰਘ (ਸਹਿ-ਦੋਸ਼ੀ) ਦੀ ਭੂਮਿਕਾ ਹਵਾਰਾ ਜਿੰਨੀ ਅਹਿਮ ਨਹੀਂ ਸੀ। ਇਹ ਹਵਾਰਾ ਹੀ ਸੀ, ਜਿਸ ਨੇ ਇਹ ਸਾਰੀ ਸਾਜ਼ਿਸ਼ ਰਚੀ ਸੀ। ਹੇਠਲੀ ਅਦਾਲਤ ਨੇ ਬਲਵੰਤ ਸਿੰਘ ਨੂੰ ਮੌਤ ਦੀ ਸਜ਼ਾ ਸੁਣਾਈ ਸੀ, ਜੋ ਹਾਈ ਕੋਰਟ ਨੇ ਬਰਕਰਾਰ ਰੱਖੀ। ਇਸੇ ਤਰ੍ਹਾਂ ਤਿੰਨ ਹੋਰ ਮੁਲਜ਼ਮਾਂ ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ ਅਤੇ ਲਖਵਿੰਦਰ ਸਿੰਘ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਦੀ ਵੀ ਹਾਈ ਕੋਰਟ ਨੇ ਪੁਸ਼ਟੀ ਕੀਤੀ। ਦੱਸਣਯੋਗ ਹੈ ਕਿ 31 ਅਗਸਤ 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਬਾਹਰ ਆਤਮਘਾਤੀ ਹਮਲਾਵਰ ਦਿਲਾਵਰ ਸਿੰਘ ਨੇ ਬੰਬ ਧਮਾਕਾ ਕਰ ਦਿੱਤਾ ਸੀ, ਜਿਸ ਵਿੱਚ ਬਾਕੀ 17 ਵਿਅਕਤੀਆਂ ਨਾਲ ਉਹ ਆਪ ਵੀ ਮਾਰਿਆ ਗਿਆ ਸੀ। ਬਲਵੰਤ ਸਿੰਘ ਨੂੰ ਛੱਡ ਕੇ ਬਾਕੀ ਸਾਰਿਆਂ ਨੇ ਹੇਠਲੀ ਅਦਾਲਤ ਦੇ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਨੇ 31 ਜੁਲਾਈ 2007 ਨੂੰ ਹਵਾਰਾ ਅਤੇ ਬਲਵੰਤ ਸਿੰਘ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
ਹਵਾਰਾ, ਬਲਵੰਤ ਸਿੰਘ, ਸ਼ਮਸ਼ੇਰ ਸਿੰਘ, ਲਖਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਨੂੰ ਆਈ.ਪੀ.ਸੀ. ਦੀਆਂ ਧਾਰਾਵਾਂ 302, 307 ਅਤੇ 120-ਬੀ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ। ਨਸੀਬ ਸਿੰਘ ਨੂੰ ਧਮਾਕਾਖੇਜ਼ ਸਮੱਗਰੀ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਇਸ ਮਾਮਲੇ ਦੇ ਸੱਤਵੇਂ ਮੁਲਜ਼ਮ ਨਵਜੋਤ ਸਿੰਘ ਨੂੰ ਵਿਸ਼ੇਸ਼ ਅਦਾਲਤ ਨੇ ਬਰੀ ਕਰ ਦਿੱਤਾ ਸੀ। ਦੋ ਹੋਰ ਦੋਸ਼ੀ ਜਗਤਾਰ ਸਿੰਘ ਤਾਰਾ ਤੇ ਪਰਮਜੀਤ ਸਿੰਘ ਭਿਓਰਾ ਬੁੜੈਲ ਜੇਲ੍ਹ ਤੋਂ ਹਵਾਰਾ ਸਮੇਤ ਫਰਾਰ ਹੋ ਗਏ ਸਨ। ਇਨ੍ਹਾਂ ਵਿੱਚੋਂ ਹਵਾਰਾ ਤੇ ਭਿਓਰਾ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਇਸ ਮਾਮਲੇ ਵਿੱਚ 15 ਵਿਅਕਤੀਆਂ ’ਤੇ ਦੋਸ਼ ਆਇਦ ਹੋਏ ਸਨ। ਇਨ੍ਹਾਂ ਵਿੱਚੋਂ ਤਿੰਨ ਵਿਦੇਸ਼ ਭੱਜ ਗਏ ਸਨ, ਜਦਕਿ ਤਿੰਨ ਹਾਲੇ ਵੀ ਭਗੌੜੇ ਹਨ।                     -ਪੀ.ਟੀ.ਆਈ.